ਰਾਜਪਾਲ ਅਤੇ ਮੁੱਖ ਮੰਤਰੀ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਿਰ ਵਿਖੇ ਹੋਏ ਨਤਮਸਤਕ; ਸੂਬੇ ਦੀ ਤਰੱਕੀ ਅਤੇ ਖ਼ੁਸ਼ਹਾਲੀ ਲਈ ਕੀਤੀ ਅਰਦਾਸ
* ਜਲ੍ਹਿਆਂਵਾਲਾ ਬਾਗ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਕੀਤੀ ਭੇਟ
ਅੰਮ੍ਰਿਤਸਰ, 31 ਅਗਸਤ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸੂਬੇ ਦੇ ਨਵ-ਨਿਯੁਕਤ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਤਮਸਤਕ ਹੋ ਕੇ ਸੂਬੇ ਦੀ ਤਰੱਕੀ ਅਤੇ ਸੂਬੇ ਦੇ ਵਸਨੀਕਾਂ ਦੀ ਖ਼ੁਸ਼ਹਾਲੀ ਲਈ ਅਰਦਾਸ ਕੀਤੀ।
ਰਾਜਪਾਲ ਅਤੇ ਮੁੱਖ ਮੰਤਰੀ ਨੇ ਇਨ੍ਹਾਂ ਦੋਵਾਂ ਪਵਿੱਤਰ ਅਸਥਾਨਾਂ ‘ਤੇ ਨਤਮਸਤਕ ਹੋ ਕੇ ਅਰਦਾਸ ਕੀਤੀ ਕਿ ਪੰਜਾਬ ਹਰ ਖੇਤਰ ਵਿੱਚ ਮੋਹਰੀ ਸੂਬਾ ਬਣਿਆ ਰਹੇ। ਉਨ੍ਹਾਂ ਸੂਬੇ ਦੇ ਲੋਕਾਂ ਦੀ ਭਲਾਈ ਲਈ ਆਪੋ-ਆਪਣੀਆਂ ਡਿਊਟੀਆਂ ਤਨਦੇਹੀ ਨਾਲ ਨਿਭਾਉਣ ਅਤੇ ਸੂਬੇ ਵਿੱਚ ਫਿਰਕੂ ਸਦਭਾਵਨਾ ਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਅਰਦਾਸ ਕੀਤੀ ਤਾਂ ਜੋ ਪੰਜਾਬ ਅਮਨ, ਸ਼ਾਂਤੀ ਅਤੇ ਤਰੱਕੀ ਦਾ ਪ੍ਰਤੀਕ ਬਣ ਕੇ ਉੱਭਰੇ। ਦੋਵਾਂ ਆਗੂਆਂ ਨੇ ਜਲ੍ਹਿਆਂਵਾਲਾ ਬਾਗ ਯਾਦਗਾਰ ਵਿਖੇ ਮਹਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਕਿਹਾ ਕਿ ਇਹ ਸਥਾਨ ਨੌਜਵਾਨ ਪੀੜ੍ਹੀ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਹਮੇਸ਼ਾ ਪ੍ਰੇਰਿਤ ਕਰਦਾ ਰਹੇਗਾ।
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਦੇ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਪਵਿੱਤਰ ਧਰਤੀ ‘ਤੇ ਨਤਮਸਤਕ ਹੋਣ ਦਾ ਸੁਭਾਗਾ ਮੌਕਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਮਹਾਨ ਸਿੱਖ ਗੁਰੂਆਂ ਦੇ ਜੀਵਨ ਅਤੇ ਫਲਸਫੇ ਨੇ ਯੁੱਗਾਂ ਤੋਂ ਮਨੁੱਖਤਾ ਨੂੰ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕੀਤਾ ਹੈ। ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਉਨ੍ਹਾਂ ਨੇ ਵੀ ਪਰਮਾਤਮਾ ਅੱਗੇ ਅਰਦਾਸ ਕੀਤੀ ਹੈ ਕਿ ਉਹ ਪੰਜਾਬ ਅਤੇ ਚੰਡੀਗੜ੍ਹ ਦੇ ਵਿਕਾਸ ਲਈ ਆਪਣਾ ਫ਼ਰਜ਼ ਬਾਖੂਬੀ ਨਿਭਾਉਣ ਲਈ ਉਨ੍ਹਾਂ ਨੂੰ ਬਲ ਬਖਸ਼ਣ।
ਇਸ ਦੌਰਾਨ ਮੁੱਖ ਮੰਤਰੀ ਨੇ ਸੂਬੇ ਦੇ ਨਵੇਂ ਰਾਜਪਾਲ ਦਾ ਸਵਾਗਤ ਕੀਤਾ ਅਤੇ ਕਿਹਾ ਕਿ ਸੂਬੇ ਨੂੰ ਉਨ੍ਹਾਂ ਦੇ ਵਿਆਪਕ ਪ੍ਰਸ਼ਾਸਕੀ ਤਜਰਬੇ ਤੋਂ ਬਹੁਤ ਲਾਭ ਮਿਲੇਗਾ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਦੋਵੇਂ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਤਨਦੇਹੀ ਨਾਲ ਕੰਮ ਕਰਨਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਪੰਜਾਬ ਹਰ ਖੇਤਰ ਵਿੱਚ ਸਫ਼ਲਤਾ ਦੀ ਨਵੀਂ ਕਹਾਣੀ ਲਿਖੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਦੋਵੇਂ ਇਹ ਯਕੀਨੀ ਬਣਾਉਣਗੇ ਕਿ ਪੰਜਾਬ ਹਰ ਖੇਤਰ ਵਿੱਚ ਸਰਵਪੱਖੀ ਵਿਕਾਸ ਅਤੇ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਨੂੰ ਛੂਹੇ।http://PUNJABDIAL.IN
Leave a Reply