ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ
ਗੁਰੂ ਘਰ ਦਾ ਅਸ਼ੀਰਵਾਦ ਲੈ ਕੇ ਪੰਜਾਬ ਦੀ ਤਰੱਕੀ, ਖੁਸ਼ਹਾਲੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕੀਤੀ
ਅੰਮ੍ਰਿਤਸਰ, 5 ਨਵੰਬਰ
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਅਕਾਲ ਪੁਰਖ ਅੱਗੇ ਸੂਬੇ ਦੀ ਅਮਨ-ਸ਼ਾਂਤੀ, ਤਰੱਕੀ ਅਤੇ ਖੁਸ਼ਹਾਲੀ ਲਈ ਅਰਦਾਸ ਕੀਤੀ।
ਪਾਵਨ ਅਸਥਾਨ ’ਤੇ ਮੱਥਾ ਟੇਕਣ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ, “ਮੈਂ ਜੁਗੋ-ਜੁਗ ਅੱਟਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸ਼ਰਧਾ ਤੇ ਸਤਿਕਾਰ ਨਾਲ ਆਪਣਾ ਸਿਰ ਝੁਕਾਇਆ ਅਤੇ ਅਰਦਾਸ ਕੀਤੀ ਕਿ ਸਰਕਾਰ ਦਾ ਹਰੇਕ ਕਦਮ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਪ੍ਰਤੀ ਸਮਰਪਿਤ ਹੋਵੇ।”
ਸਮੂਹ ਪੰਜਾਬੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਵਿਚ ਫਿਰਕੂ ਸਦਭਾਵਨਾ, ਅਮਨ-ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀਆਂ ਤੰਦਾਂ ਹੋਰ ਮਜ਼ਬੂਤ ਹੋਣ ਦੀ ਅਰਦਾਸ ਕੀਤੀ।
ਉਨ੍ਹਾਂ ਕਿਹਾ ਕਿ ਸਿਰਫ ਸਿੱਖ ਹੀ ਨਹੀਂ ਸਗੋਂ ਹਰੇਕ ਪੰਜਾਬੀ ਮਹਾਨ ਗੁਰੂ ਸਾਹਿਬਾਨ ਦੀਆਂ ਬਖਸ਼ਿਸ਼ਾਂ ਪ੍ਰਾਪਤ ਕਰਕੇ ਇਸ ਪਾਵਨ ਅਸਥਾਨ ਤੋਂ ਅਸ਼ੀਰਵਾਦ ਲੈਂਦਾ ਹੈ। ਉਨ੍ਹਾਂ ਕਿਹਾ ਕਿ ਪ੍ਰਕਾਸ਼ ਪੁਰਬ ਮੌਕੇ ਦੇਸ਼-ਵਿਦੇਸ਼ ਵਿੱਚ ਲੱਖਾਂ ਦੀ ਗਿਣਤੀ ਵਿੱਚ ਸੰਗਤ ਗੁਰੂ ਘਰ ਵਿੱਚ ਨਤਮਸਤਕ ਹੋ ਰਹੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਤੋਂ ਸੰਗਤ ਦਾ ਜਥਾ ਪਹਿਲੇ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਾਮਲ ਹੋਣ ਲਈ ਪਾਕਿਸਤਾਨ ਵਿੱਚ ਨਨਕਾਣਾ ਸਾਹਿਬ ਦੇ ਦਰਸ਼ਨ ਕਰਨ ਲਈ ਗਿਆ ਹੋਇਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਾਸੀਆਂ ਉਨ੍ਹਾਂ ਦੀ ਸਰਕਾਰ ਨੂੰ ਸੂਬੇ ਦੀ ਸੇਵਾ ਕਰਨ ਦੀ ਵੱਡੀ ਜ਼ਿੰਮੇਵਾਰੀ ਸੌਂਪੀ ਹੈ ਅਤੇ ਉਹ ਅਕਾਲ ਪੁਰਖ ਦੀਆਂ ਬਖਸ਼ਿਸ਼ਾਂ ਹਾਸਲ ਕਰਨ ਲਈ ਇਸ ਪਾਵਨ ਅਸਥਾਨ ’ਤੇ ਨਤਮਸਤਕ ਹੋਏ ਹਨ। ਭਗਵੰਤ ਮਾਨ ਨੇ ਕਿਹਾ ਕਿ ਉਹ ਇਸ ਅਸਥਾਨ ’ਤੇ ਪ੍ਰਮਾਤਮਾ ਦਾ ਆਸ਼ੀਰਵਾਦ ਪ੍ਰਾਪਤ ਕਰਨ ਤੋਂ ਬਾਅਦ ਆਪਣੇ ਆਪ ਨੂੰ ਭਾਗਾਂ ਵਾਲਾ ਸਮਝਦੇ ਹਨ ਅਤੇ ਇੱਥੇ ਆਉਣ ਨਾਲ ਉਨ੍ਹਾਂ ਨੂੰ ਸੂਬੇ ਦੇ ਲੋਕਾਂ ਦੀ ਸੇਵਾ ਮਿਸ਼ਨਰੀ ਭਾਵਨਾ ਨਾਲ ਕਰਨ ਲਈ ਨਵੇਂ ਉਤਸ਼ਾਹ ਤੇ ਜੋਸ਼ ਨਾਲ ਭਰ ਦਿੱਤਾ ਹੈ।
ਕਰਤਾਰਪੁਰ ਲਾਂਘਾ ਖੋਲ੍ਹੇ ਜਾਣ ਬਾਰੇ ਪੁੱਛੇ ਜਾਣ ਬਾਰੇ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਰਤਾਰਪਰ ਲਾਂਘਾ ਖੋਲ੍ਹ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸੰਗਤ ਦੀਆਂ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਕੇਂਦਰੀ ਗ੍ਰਹਿ ਮੰਤਰਾਲਾ ਇਸ ਲਾਂਘੇ ਨੂੰ ਖੋਲ੍ਹਣ ਲਈ ਤੁਰੰਤ ਪ੍ਰਕਿਰਿਆ ਸ਼ੁਰੂ ਕਰੇ ਤਾਂ ਕਿ ਸ਼ਰਧਾਲੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਚਰਨ ਛੋਹ ਪ੍ਰਾਪਤ ਪਵਿੱਤਰ ਅਸਥਾਨ ਦੇ ਦਰਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਭਾਰਤ ਤੋਂ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਵਾਲੀ ਸੰਗਤ ਸਿਰਫ ਚਾਰ ਘੰਟਿਆਂ ਵਿੱਚ ਵਾਪਸ ਆ ਜਾਂਦੀ ਹੈ ਜਿਸ ਕਰਕੇ ਇਸ ਨੂੰ ਬੰਦ ਰੱਖਣ ਵਿੱਚ ਤਰਕ ਨਜ਼ਰ ਨਹੀਂ ਆਉਂਦਾ।
ਉਨ੍ਹਾਂ ਕਿਹਾ ਕਿ ਜਦੋਂ ਸਿੱਖ ਸੰਗਤ ਦਾ ਜਥਾ ਪਾਕਿਸਤਾਨ ਜਾ ਚੁੱਕਾ ਹੈ ਤਾਂ ਫੇਰ ਕਰਤਾਰਪੁਰ ਲਾਂਘਾ ਖੋਲ੍ਹਣ ਵਿੱਚ ਵੀ ਦੇਰੀ ਨਹੀਂ ਹੋਣੀ ਚਾਹੀਦੀ।
HOMEPAGE:-http://PUNJABDIAL.IN

Leave a Reply