ਪੰਜਾਬ ਦਾ ਪੁੱਤਰ ਚਲਾ ਰਿਹਾ ਹੈ ਲੋਕਾਂ ਦੀ ਸਰਕਾਰ — ਮਾਨ ਅਤੇ ਕੇਜਰੀਵਾਲ ਦਾ ਤਰਨ ਤਾਰਨ ‘ਚ ਸੰਦੇਸ਼
ਸੀਮਾ ਖੇਤਰ ਦੇ ਵਿਕਾਸ ਦੀ ਨਵੀਂ ਕਹਾਣੀ ਲਿਖੇਗਾ ਆਮ ਆਦਮੀ ਪਾਰਟੀ ਦਾ ਉਮੀਦਵਾਰ — ਕੇਜਰੀਵਾਲ
ਭਗਵੰਤ ਮਾਨ ਬੋਲੇ — ਜਿਨ੍ਹਾਂ ਨੇ ਪੰਜਾਬ ਦੇ ਨੌਜਵਾਨਾਂ ਨੂੰ ਬਰਬਾਦ ਕੀਤਾ, ਉਹਨਾਂ ਨੂੰ ਸਜ਼ਾ ਮਿਲੇਗੀ
ਤਰਨ ਤਾਰਨ, 6 ਨਵੰਬਰ:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਅੱਜ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਹਲਕੇ ਦਾ ਤੂਫ਼ਾਨੀ ਦੌਰਾ ਕੀਤਾ।
ਇਕੱਠ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੰਧੂ ਦੀ ਜਿੱਤ ਸਰਹੱਦੀ ਖੇਤਰ ਦੇ ਵਿਕਾਸ ਨੂੰ ਹੁਲਾਰਾ ਦੇਵੇਗੀ। ਉਨ੍ਹਾਂ ਭਗਵੰਤ ਮਾਨ ਸਰਕਾਰ ਦੇ ਹੱਥ ਮਜ਼ਬੂਤ ਕਰਨ ਲਈ ਲੋਕਾਂ ਤੋਂ ਪੂਰਾ ਸਮਰਥਨ ਅਤੇ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਵਿਕਾਸ ਅਤੇ ਖੁਸ਼ਹਾਲੀ ਦੀ ਚੱਲ ਰਹੀ ਗਤੀ ਨੂੰ ਜਾਰੀ ਰੱਖਣਾ ਸਮੇਂ ਦੀ ਲੋੜ ਹੈ, ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਮਿਸਾਲੀ ਯਤਨ ਕਰ ਰਹੀ ਹੈ।
ਅਰਵਿੰਦ ਕੇਜਰੀਵਾਲ ਨੇ ਲੋਕਾਂ ਨੂੰ ਯਾਦ ਦਿਵਾਇਆ ਕਿ ਕਿਸੇ ਵੀ ਸਾਬਕਾ ਮੁੱਖ ਮੰਤਰੀ ਨੇ ਆਪਣੇ ਸ਼ਾਸਨਕਾਲ ਦੌਰਾਨ ਇਸ ਸਰਹੱਦੀ ਕਸਬੇ ਦਾ ਦੌਰਾ ਕਰਨ ਦੀ ਖੇਚਲ ਨਹੀਂ ਕੀਤੀ, ਜਿਸ ਕਾਰਨ ਇਹ ਵਿਕਾਸ ਦੀ ਗਤੀ ਵਿੱਚ ਪਛੜ ਗਿਆ। ਉਨ੍ਹਾਂ ਕਿਹਾ ਕਿ ਹਾਲਾਂਕਿ ਅਹੁਦਾ ਸੰਭਾਲਣ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਨੇ ਇਸ ਖੇਤਰ ਦੇ ਵਿਕਾਸ ਨੂੰ ਹੁਲਾਰਾ ਦਿੱਤਾ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਹਰ ਖੇਤਰ ਵਿੱਚ ਨਵੀਆਂ ਉਚਾਈਆਂ ਛੂਹ ਰਿਹਾ ਹੈ ਅਤੇ ਇਹ ਆਪਣੇ ਆਪ ਵਿੱਚ ਇੱਕ ਰਿਕਾਰਡ ਹੈ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੇ ਰੂਪ ਵਿੱਚ ਪੰਜਾਬ ਨੂੰ ਹੁਣ ਤੱਕ ਦਾ ਸਭ ਤੋਂ ਬਿਹਤਰ ਮੁੱਖ ਮੰਤਰੀ ਮਿਲਿਆ ਹੈ ਕਿਉਂਕਿ ਉਹ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਹਰ ਖੇਤਰ ਵਿੱਚ ਤੇਜ਼ੀ ਨਾਲ ਤਰੱਕੀ ਕਰ ਰਿਹਾ ਹੈ। ਉਨ੍ਹਾਂ ਨੇ ਸਰਕਾਰੀ ਸਕੂਲਾਂ ਨੂੰ ਸਕੂਲ ਆਫ਼ ਐਮੀਨੈਂਸ ਵਿੱਚ ਬਦਲਣ ਲਈ ਭਗਵੰਤ ਸਿੰਘ ਮਾਨ ਸਰਕਾਰ ਦੀ ਸ਼ਲਾਘਾ ਕੀਤੀ।
ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੋਈ ਵੀ ਪ੍ਰਾਈਵੇਟ ਸਕੂਲ ਇਨ੍ਹਾਂ ਸਰਕਾਰੀ ਸਕੂਲਾਂ ਜਿੰਨਾ ਸ਼ਾਨਦਾਰ ਨਹੀਂ ਹੋਵੇਗਾ ਅਤੇ ਨਾਲ ਹੀ ਕਿਹਾ ਕਿ ਸਾਰੇ ਸਰਕਾਰੀ ਸਕੂਲਾਂ ਦਾ ਇਸੇ ਤਰ੍ਹਾਂ ਨਵੀਨੀਕਰਨ ਕੀਤਾ ਜਾਵੇਗਾ। ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿਛਲੇ ਤਿੰਨ ਸਾਲਾਂ ਤੋਂ ਵੱਧ ਸਮੇਂ ਵਿੱਚ ਭਗਵੰਤ ਸਿੰਘ ਮਾਨ ਸਰਕਾਰ ਨੇ ਸੂਬੇ ਵਿੱਚ ਸਾਰੇ ਖੇਤਰਾਂ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ ਜਦੋਂ ਕਿ ਪਿਛਲੀ ਕਿਸੇ ਵੀ ਸਰਕਾਰ ਨੇ ਇਸ ਦੀ ਕੋਈ ਪਰਵਾਹ ਨਹੀਂ ਕੀਤੀ। ਉਨ੍ਹਾਂ ਲੋਕਾਂ ਨੂੰ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ ਚੁਣ ਕੇ ਸੂਬਾ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਦੇ ਹੱਕ ਵਿੱਚ ਫਤਵਾ ਦੇਣ ਦੀ ਅਪੀਲ ਕੀਤੀ।
ਇਸ ਦੌਰਾਨ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਕਈ ਇਤਿਹਾਸਕ ਪਹਿਲਕਦਮੀਆਂ ਕੀਤੀਆਂ ਹਨ ਜਿਸ ਕਰਕੇ ਲੋਕ ਜ਼ਿਮਨੀ-ਚੋਣ ਵਿੱਚ ਪਾਰਟੀ ਨੂੰ ਵੋਟ ਪਾਉਣਗੇ। ਵਿਰੋਧੀ ਧਿਰ ‘ਤੇ ਵਰ੍ਹਦਿਆਂ ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਦੇ ਸਰੋਤਾਂ ਨੂੰ ਲੁੱਟਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੋਕਾਂ ਅਤੇ ਸੂਬੇ ਨੂੰ ਦਾਅ ‘ਤੇ ਲਾ ਕੇ ਆਪਣੇ ਮਹਿਲ ਅਤੇ ਵੱਡੇ ਕਾਰੋਬਾਰੀ ਸਾਮਰਾਜ ਖੜ੍ਹੇ ਕੀਤੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਲੀਹ ਤੋਂ ਲਾਹ ਕੇ ਪੰਜਾਬ ਅਤੇ ਇਸ ਦੀਆਂ ਨੌਜਵਾਨ ਪੀੜ੍ਹੀਆਂ ਅੱਗੇ ਕੰਡੇ ਬੀਜੇ ਹਨ। ਉਨ੍ਹਾਂ ਕਿਹਾ ਕਿ ਆਪਣੇ ਨਿੱਜੀ ਹਿੱਤਾਂ ਲਈ ਇਨ੍ਹਾਂ ਸਵਾਰਥੀ ਸਿਆਸੀ ਆਗੂਆਂ ਨੇ ਸੂਬੇ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਦੇ ਹੱਥ ਸੂਬੇ ਦਾ ਘਾਣ ਕਰਨ ਦੇ ਅਪਰਾਧਾਂ ਨਾਲ ਰੰਗੇ ਹੋਏ ਹਨ ਅਤੇ ਇਤਿਹਾਸ ਉਨ੍ਹਾਂ ਨੂੰ ਪੰਜਾਬ ਦੀ ਪਿੱਠ ਵਿੱਚ ਛੁਰਾ ਮਾਰਨ ਲਈ ਕਦੇ ਵੀ ਮੁਆਫ਼ ਨਹੀਂ ਕਰੇਗਾ।
ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਜਿਸ ਕਿਸੇ ਨੇ ਵੀ ਜਨਤਾ ਦਾ ਇੱਕ ਪੈਸਾ ਵੀ ਲੁੱਟਿਆ ਹੈ, ਉਸ ਨੂੰ ਲੋਕਾਂ ਸਾਹਮਣੇ ਜਵਾਬਦੇਹ ਬਣਾਇਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਅਜਿਹੇ ਸਾਰੇ ਲੁਟੇਰਿਆਂ ਦਾ ਪਰਦਾਫਾਸ਼ ਕਰਨਗੇ ਅਤੇ ਉਨ੍ਹਾਂ ਵਿਰੁੱਧ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਦੀ ਸਰਕਾਰ ਦੀ ਦ੍ਰਿੜ ਵਚਨਬੱਧਤਾ ਹੈ ਕਿ ਕੋਈ ਵੀ ਭ੍ਰਿਸ਼ਟ ਆਗੂ ਜਾਂ ਅਧਿਕਾਰੀ, ਭਾਵੇਂ ਉਹ ਕਿੰਨਾ ਵੀ ਅਮੀਰ ਕਿਉਂ ਨਾ ਹੋਵੇ, ਉਸ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਂਦਾ ਜਾਵੇਗਾ ਅਤੇ ਆਪਣੇ ਪਾਪਾਂ ਲਈ ਜਵਾਬਦੇਹ ਬਣਾਇਆ ਜਾਵੇਗਾ।
ਮੁੱਖ ਮੰਤਰੀ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਸੂਬੇ ਵਿੱਚ ਗੈਂਗਸਟਰਾਂ ਨੂੰ ਸਰਪ੍ਰਸਤੀ ਦੇਣ ਲਈ ਕਾਂਗਰਸ ਅਤੇ ਅਕਾਲੀਆਂ ਕੀ ਕਰੜੀ ਨਿੰਦਾ ਕੀਤੀ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੇ ਸੱਤਾ ਸੰਭਾਲਣ ਤੋਂ ਬਾਅਦ ਗੈਂਗਸਟਰਵਾਦ ਨੂੰ ਤੁਰੰਤ ਨੱਥ ਪਾਈ ਗਈ, ਜੋ ਮੁੜ ਉੱਭਰ ਨਹੀਂ ਸਕਿਆ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸਲੀਅਤ ਇਹ ਹੈ ਕਿ ਇਨ੍ਹਾਂ ਗੈਂਗਸਟਰਾਂ ਨੂੰ ਕਾਂਗਰਸ ਅਤੇ ਅਕਾਲੀ ਆਗੂਆਂ ਨੇ ਆਪਣੀ ਸਰਕਾਰ ਦੌਰਾਨ ਸਰਪ੍ਰਸਤੀ ਦੇ ਕੇ ਨੌਜਵਾਨਾਂ ਦੇ ਹੱਥਾਂ ਵਿੱਚ ਬੰਦੂਕਾਂ ਦਿੱਤੀਆਂ ਅਤੇ ਉਨ੍ਹਾਂ ਨੂੰ ਆਪਣੇ ਨਿੱਜੀ ਹਿੱਤਾਂ ਲਈ ਵਰਤਿਆ।
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਤੋਂ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਹ ਹਜ਼ਮ ਨਹੀਂ ਕਰ ਪਾ ਰਹੀਆਂ ਕਿ ਇੱਕ ਆਮ ਪਰਿਵਾਰ ਨਾਲ ਸਬੰਧਤ ਵਿਅਕਤੀ ਸੂਬੇ ਨੂੰ ਇੰਨੇ ਪ੍ਰਭਾਵਸ਼ਾਲੀ ਢੰਗ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕਾਂ ਦਾ ਰਵਾਇਤੀ ਸਿਆਸੀ ਪਾਰਟੀਆਂ ਤੋਂ ਉਨ੍ਹਾਂ ਦੇ ਲੋਕ ਵਿਰੋਧੀ ਅਤੇ ਪੰਜਾਬ ਵਿਰੋਧੀ ਰੁਖ਼ ਕਾਰਨ ਵਿਸ਼ਵਾਸ ਉੱਠ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲੋਕ ਇਨ੍ਹਾਂ ਪਾਰਟੀਆਂ ਨੂੰ ਕਦੇ ਮਾਫ਼ ਨਹੀਂ ਕਰਨਗੇ ਜਿਨ੍ਹਾਂ ਨੇ ਸੂਬੇ ਨੂੰ ਬਰਬਾਦ ਕੀਤਾ ਜਾਂ ਸ੍ਰੀ ਹਰਿਮੰਦਰ ਸਾਹਿਬ ‘ਤੇ ਹਮਲਾ ਟੈਕਾਂ-ਤੋਪਾਂ ਨਾਲ ਹਮਲਾ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਇਲਾਵਾ ਇਨ੍ਹਾਂ ਲੋਕਾਂ ਨੇ ਸੂਬੇ ਵਿੱਚ ਚਿੱਟੇ ਦੇ ਕਾਰੋਬਾਰ ਨੂੰ ਸਰਪ੍ਰਸਤੀ ਦੇ ਕੇ ਸੂਬੇ ਦੀਆਂ ਪੀੜ੍ਹੀਆਂ ਦਾ ਘਾਣ ਕੀਤਾ। ਉਨ੍ਹਾਂ ਦੁਹਰਾਇਆ ਕਿ ਸੂਬਾ ਸਰਕਾਰ ਨਸ਼ਿਆਂ ਦੇ ਸਰਾਪ ਰਾਹੀਂ ਨੌਜਵਾਨਾਂ ਦੇ ਕਤਲੇਆਮ ਦੇ ਦੋਸ਼ੀ ‘ਜਰਨੈਲਾਂ’ ਪ੍ਰਤੀ ਕੋਈ ਨਰਮੀ ਨਹੀਂ ਅਪਣਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਜਿਨ੍ਹਾਂ ਆਗੂਆਂ ਨੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ ਸੀ, ਉਨ੍ਹਾਂ ਨੂੰ ਪਹਿਲਾਂ ਹੀ ਸਲਾਖਾਂ ਪਿੱਛੇ ਡੱਕ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਨਾ ਸਿਰਫ਼ ਸੂਬੇ ਭਰ ਵਿੱਚ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੰਦੇ ਸਨ, ਸਗੋਂ ਸੁਣਨ ਵਿੱਚ ਇਹ ਵੀ ਆਉਂਦਾ ਹੈ ਕਿ ਉਹ ਆਪਣੀਆਂ ਸਰਕਾਰੀ ਗੱਡੀਆਂ ਵਿੱਚ ਨਸ਼ੇ ਵੇਚਦੇ/ਸਪਲਾਈ ਵੀ ਕਰਦੇ ਸਨ।
ਮੁੱਖ ਮੰਤਰੀ ਨੇ ਕਿਹਾ ਕਿ ਪਹਿਲਾਂ ਕਿਸੇ ਨੇ ਵੀ ਇਨ੍ਹਾਂ ਰਸੂਖ਼ਵਾਨ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਦੀ ਹਿੰਮਤ ਨਹੀਂ ਕੀਤੀ, ਪਰ ਹੁਣ ਉਨ੍ਹਾਂ ਦੀ ਸਰਕਾਰ ਨੇ ਅਜਿਹਾ ਕਰ ਕੇ ਵਿਖਾਇਆ ਹੈ ਅਤੇ ਉਨ੍ਹਾਂ ਨੂੰ ਆਪਣੇ ਪਾਪਾਂ ਦੀ ਕੀਮਤ ਚੁਕਾਉਣੀ ਪਵੇਗੀ। ਉਨ੍ਹਾਂ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਜਦੋਂ ਅਜਿਹੇ ਇੱਕ ਅਕਾਲੀ ਆਗੂ ਨੂੰ ਗ੍ਰਿਫ਼ਤਾਰ ਕੀਤਾ ਗਿਆ ਤਾਂ ਸਿਆਸੀ ਪਾਰਟੀਆਂ ਵਿਚਕਾਰ ਨਾਪਾਕ ਗੱਠਜੋੜ ਦਾ ਪਰਦਾਫਾਸ਼ ਹੋਇਆ ਕਿਉਂਕਿ ਉਨ੍ਹਾਂ ਨੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਦਾ ਰੌਲਾ ਪਾਉਂਦਿਆਂ ਮੁਲਜ਼ਮ ਲਈ ਵਿਸ਼ੇਸ਼ ਸੈੱਲ ਅਤੇ ਸਹੂਲਤਾਂ ਦੀ ਮੰਗ ਕੀਤੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨੌਜਵਾਨਾਂ ਦੀ ਨਸਲਕੁਸ਼ੀ ਲਈ ਜ਼ਿੰਮੇਵਾਰ ਇਨ੍ਹਾਂ ਆਗੂਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।
HOMEPAGE:-http://PUNJABDIAL.IN

Leave a Reply