ਗੁਰੂ ਨਗਰੀ ਅੰਮ੍ਰਿਤਸਰ ‘ਚ ਅੱਜ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਸਿੱਖਾਂ ਦੇ ਪੰਜਵੇਂ ਗੁਰੂ ਅਰਜਨ ਦੇਵ ਜੀ ਨੇ ਅੱਜ ਦੇ ਦਿਨ 1604 ਨੂੰ ਹਰਿਮੰਦਰ ਸਾਹਿਬ ਵਿਖੇ ਪਹਿਲੀ ਵਾਰ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕੀਤਾ ਸੀ। ਉਦੋਂ ਤੋਂ ਹਰ ਸਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਂਦਾ ਹੈ। ਅੱਜ ਸ੍ਰੀ ਹਰਿਮੰਦਰ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ‘ਚ ਸੰਗਤ ਇੱਥੇ ਸਜਦਾ ਕਰਨ ਲਈ ਪਹੁੰਚਦੀ ਹੈ। ਅੱਜ ਪਹਿਲੇ ਪ੍ਰਕਾਸ਼ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਦੀਵਾਨ ਸਜਣਗੇ, ਜਿਸ ਵਿਚ ਰਾਗੀ, ਢਾਡੀ, ਕਵੀਸ਼ਰ ਤੇ ਪ੍ਰਚਾਰਕ ਸੰਗਤ ਨੂੰ ਗੁਰਬਾਣੀ ਤੇ ਇਤਿਹਾਸ ਨਾਲ ਜੋੜਨਗੇ।
ਦੱਸ ਦਈਏ ਕਿ ਦੇਸ਼-ਵਿਦੇਸ਼ ਤੋਂ ਲਿਆਂਦੇ ਰੰਗ-ਬਿਰੰਗੇ ਫੁੱਲਾਂ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਸਮੇਤ ਦਰਬਾਰ ਸਾਹਿਬ ਨੂੰ ਸਜਾਇਆ ਗਿਆ ਹੈ। ਇਸ ਵਾਰ ਦੇਸ਼ ਅਤੇ ਵਿਦੇਸ਼ਾਂ ਤੋਂ ਵੱਖਰੀਆਂ ਕਿਸਮਾਂ ਦੇ 110 ਟਨ ਫੁੱਲ ਲਿਆਂਦੇ ਗਏ ਹਨ, ਜਿਸ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੁੰਦਰ ਸਜਾਵਟ ਕੀਤੀ ਗਈ ਹੈ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ’ਚ ਸੁੰਦਰ ਜਲੌਅ ਵੀ ਸਜਾਏ ਗਏ, ਜਿਸ ’ਚ ਹੀਰੇ-ਮੋਤੀ, ਜਵਾਹਰਾਤ, ਸੋਨੇ ਅਤੇ ਚਾਂਦੀ ਦਾ ਸਾਮਾਨ, ਸੋਨੇ ਦੇ ਦਰਵਾਜ਼ੇ, ਚਾਂਦੀ ਦੇ ਪੰਜ ਤਸਲੇ ਆਦਿ ਸੀ। ਇਸ ਤੋਂ ਇਲਾਵਾ ਮਹਾਰਾਜਾ ਰਣਜੀਤ ਸਿੰਘ ਵੱਲੋਂ ਦਿੱਤਾ ਗਿਆ ਨੌ ਲੱਖਾ ਹਾਰ, ਨੀਲਮ ਦਾ ਮੋਰ, ਸੋਨੇ ਦੇ ਛੱਬੇ, ਚੰਦਨ ਦਾ ਚੌਰ ਸਾਹਿਬ, ਚਾਂਦੀ ਦੀਆਂ ਕਹੀਆਂ-ਬਾਟੇ ਅਤੇ ਹੋਰ ਬੇਸ਼ੁਮਾਰ ਕੀਮਤੀ ਖਜ਼ਾਨਾ ਸ਼ਾਮਲ ਹੈ। ਇਸ ਪਾਵਨ ਦਿਹਾੜੇ ਮੌਕੇ ਐੱਸ.ਜੀ.ਪੀ.ਸੀ. ਵੱਲੋਂ ਵੀ ਸੰਗਤ ਦੇ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੇ ਜਿੱਥੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ, ਉੱਥੇ ਹੀ ਉਨ੍ਹਾਂ ਅਲੌਕਿਕ ਰੌਣਕਾਂ ਦਾ ਅਨੰਦ ਮਾਣਿਆ। ਸੰਗਤ ਨੇ ਕਿਹਾ ਕਿ ਅਸੀਂ ਬੜੇ ਭਾਗਾਂ ਵਾਲੇ ਹਾਂ ਜੋ ਗੁਰੂ ਨਗਰੀ ਵਿਚ ਆ ਕੇ ਨਗਰ ਕੀਰਤਨ ਵਿਚ ਸ਼ਾਮਲ ਹੋ ਕੇ ਇਹ ਨਜ਼ਾਰਾ ਵੇਖਣ ਨੂੰ ਮਿਲਿਆ।
ਅੱਜ ਰਾਤ ਨੂੰ ਦੀਪਮਾਲਾ ਤੇ ਆਤਿਸ਼ਬਾਜੀ ਵੀ ਕੀਤੀ ਜਾਵੇਗੀ। ਉੱਥੇ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਉਤਸਵ ਦੇ ਮੌਕੇ ਨਗਰ ਕੀਰਤਨ ਨੂੰ ਲੈ ਕੇ ਪੁਲਸ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ। ਸੰਗਤ ਨੇ ਕਿਹਾ ਕਿ ਅੱਜ ਦੀ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਗੁਰੂ ਚਰਨਾਂ ਨਾਲ ਜੁੜਨਾ ਚਾਹੀਦਾ ਤੇ ਗੁਰਬਾਣੀ ਕੀਰਤਨ ਸਰਵਣ ਕਰਨਾ ਚਾਹੀਦਾ ਹੈ।
HOMEPAGE:-http://PUNJABDIAL.IN
Leave a Reply