ਅਮਨ ਅਰੋੜਾ ਅਤੇ ਹਰਪਾਲ ਚੀਮਾ ਨੇ ਬਾਬਾ ਸਾਹਿਬ ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ ‘ਤੇ ਕੀਤੀ ਸ਼ਰਧਾਂਜਲੀ ਭੇਟ
ਭਾਜਪਾ ਸਰਕਾਰ ਸੰਵਿਧਾਨ ਨੂੰ ਨਜ਼ਰਅੰਦਾਜ਼ ਕਰ ਰਹੀ ਹੈ ਅਤੇ ਲੋਕਾਂ ਦੇ ਸੰਵਿਧਾਨਕ ਅਧਿਕਾਰਾਂ ‘ਤੇ ਲਗਾਤਾਰ ਹਮਲਾ ਕਰ ਰਹੀ ਹੈ-ਅਮਨ ਅਰੋੜਾ
ਬਾਬਾ ਸਾਹਿਬ ਅੰਬੇਡਕਰ ਨੇ ਦੱਬੇ-ਕੁਚਲੇ ਲੋਕਾਂ ਨੂੰ ਰਾਜਨੀਤਿਕ ਅਧਿਕਾਰ ਦਿਲਵਾਏ ਅਤੇ ਉਹਨਾਂ ਨੂੰ ਆਰਥਿਕ ਅਤੇ ਸਮਾਜਿਕ ਤੌਰ ‘ਤੇ ਉੱਚਾ ਚੁੱਕਿਆ – ਹਰਪਾਲ ਚੀਮਾ
ਚੰਡੀਗੜ੍ਹ, 6 ਦਸੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਨੂੰ ਉਨ੍ਹਾਂ ਦੀ ਬਰਸੀ ‘ਤੇ ਸ਼ਰਧਾਂਜਲੀ ਭੇਟ ਕੀਤੀ।
ਸ਼ੁੱਕਰਵਾਰ ਨੂੰ ‘ਆਪ’ ਦੇ ਦੋਵੇਂ ਆਗੂਆਂ ਨੇ ਨਾਭਾ ‘ਚ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ‘ਤੇ ਫੁੱਲ-ਮਾਲਾ ਪਾ ਕੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਅਮਨ ਅਰੋੜਾ ਨੇ ਕਿਹਾ ਕਿ ਬਾਬਾ ਸਾਹਿਬ ਅੰਬੇਡਕਰ ਨੇ ਸੰਵਿਧਾਨ ਰਾਹੀਂ ਦੇਸ਼ ਦੇ ਲੋਕਾਂ ਨੂੰ ਮੌਲਿਕ ਅਧਿਕਾਰ ਅਤੇ ਹੋਰ ਕਾਨੂੰਨੀ ਅਧਿਕਾਰ ਦਿੱਤੇ ਹਨ। ਅੱਜ ਦੇਸ਼ ਦੇ ਸਾਰੇ ਲੋਕ ਜੋ ਸਾਧਾਰਨ ਪਰਿਵਾਰਾਂ ਤੋਂ ਉੱਠ ਕੇ ਮੰਤਰੀ, ਵਿਧਾਇਕ, ਸੰਸਦ ਮੈਂਬਰ, ਮੁੱਖ ਮੰਤਰੀ, ਪ੍ਰਧਾਨ ਮੰਤਰੀ ਅਤੇ ਹੋਰ ਸੰਵਿਧਾਨਕ ਅਹੁਦਿਆਂ ‘ਤੇ ਪਹੁੰਚੇ ਹਨ, ਉਹ ਬਾਬਾ ਸਾਹਿਬ ਦੇ ਬਣਾਏ ਸੰਵਿਧਾਨ ਸਦਕਾ ਹੀ ਸੰਭਵ ਹੋਇਆ ਹੈ।
ਅਰੋੜਾ ਨੇ ਕੇਂਦਰ ਦੀ ਭਾਜਪਾ ਸਰਕਾਰ ‘ਤੇ ਸੰਵਿਧਾਨ ਦੀ ਅਣਦੇਖੀ ਕਰਨ ਦਾ ਦੋਸ਼ ਲਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਡਾ. ਭੀਮ ਰਾਓ ਅੰਬੇਡਕਰ ਵੱਲੋਂ ਸੰਵਿਧਾਨ ਰਾਹੀਂ ਲੋਕਾਂ ਨੂੰ ਦਿੱਤੀ ਆਜ਼ਾਦੀ ਦੇ ਅਧਿਕਾਰਾਂ ‘ਤੇ ਲਗਾਤਾਰ ਹਮਲਾ ਕਰ ਰਹੀ ਹੈ | ਇਹ ਦੇਸ਼ ਦੀ ਲੋਕਤੰਤਰੀ ਪ੍ਰਣਾਲੀ ਲਈ ਬੇਹੱਦ ਖ਼ਤਰਨਾਕ ਹੈ। ਉਨ੍ਹਾਂ ਸ਼ੰਭੂ ਬਾਰਡਰ ‘ਤੇ ਕਿਸਾਨਾਂ ‘ਤੇ ਪੁਲਿਸ ਦੀ ਬੇਰਹਿਮੀ ਦੀ ਮਿਸਾਲ ਦਿੰਦਿਆਂ ਹਰਿਆਣਾ ਸਰਕਾਰ ਦੇ ਕਿਸਾਨਾਂ ਪ੍ਰਤੀ ਘਟੀਆ ਵਤੀਰੇ ਵੱਲ ਧਿਆਨ ਦਿਵਾਇਆ।
ਵਿੱਤ ਮੰਤਰੀ ਹਰਪਾਲ ਸਿੰਘ ਨੇ ਕਿਹਾ ਕਿ ਬਾਬਾ ਸਾਹਿਬ ਭੀਮ ਰਾਓ ਅੰਬੇਡਕਰ ਨੇ ਸੰਵਿਧਾਨ ਰਾਹੀਂ ਸਾਨੂੰ ਬਰਾਬਰੀ ਅਤੇ ਆਜ਼ਾਦੀ ਦਾ ਅਧਿਕਾਰ ਦਿੱਤਾ ਹੈ।ਉਨ੍ਹਾਂ ਨੇ ਵਿਸ਼ੇਸ਼ ਤੌਰ ‘ਤੇ ਸਮਾਜ ਦੇ ਦੱਬੇ-ਕੁਚਲੇ ਲੋਕਾਂ ਨੂੰ ਆਰਥਿਕ, ਸਮਾਜਿਕ ਅਤੇ ਰਾਜਨੀਤਿਕ ਅਧਿਕਾਰ ਪ੍ਰਦਾਨ ਕੀਤੇ। ਡਾ.ਅੰਬੇਡਕਰ ਨੇ ਦਲਿਤਾਂ ਨੂੰ ਇਹ ਸੰਵਿਧਾਨਕ ਅਧਿਕਾਰ ਦੇ ਕੇ ਉਨ੍ਹਾਂ ਨੂੰ ਸਮਾਜਿਕ ਤੌਰ ‘ਤੇ ਉੱਚਾ ਚੁੱਕਿਆ ਅਤੇ ਆਰਥਿਕ ਤੌਰ ‘ਤੇ ਵੀ ਮਜ਼ਬੂਤ ਕੀਤਾ। ਇਸ ਲਈ ਅਸੀਂ ਸਾਰੇ ਉਨ੍ਹਾਂ ਦੇ ਰਿਣੀ ਹਾਂ।
HOMEPAGE:-http://PUNJABDIAL.IN
Leave a Reply