ਲਾਲ ਚੰਦ ਕਟਾਰੂਚੱਕ ਨੇ 48 ਨਵੀਆਂ ਪੰਚਾਇਤਾਂ ਨੂੰ ਵਿਕਾਸ ਕਾਰਜਾਂ ਅਤੇ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਲਈ ਲਗਭਗ 2.5 ਕਰੋੜ ਰੁਪਏ ਦੀਆਂ ਗ੍ਰਾਂਟਾਂ ਵੰਡੀਆਂ
ਪਿੰਡਾਂ ਦਾ ਵਿਕਾਸ ਬਿਨਾਂ ਕਿਸੇ ਭੇਦਭਾਵ ਦੇ ਯਕੀਨੀ ਬਣਾਇਆ ਜਾਵੇਗਾ: ਕੈਬਨਿਟ ਮੰਤਰੀ
ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸ਼ਨੀਵਾਰ ਨੂੰ ਭੋਆ ਵਿਧਾਨ ਸਭਾ ਹਲਕੇ ਦੀਆਂ 48 ਨਵੀਆਂ ਪੰਚਾਇਤਾਂ ਨੂੰ ਵੱਖ-ਵੱਖ ਵਿਕਾਸ ਕਾਰਜਾਂ ਅਤੇ ਬੁਨਿਆਦੀ ਢਾਂਚੇ ਦੀਆਂ ਸਹੂਲਤਾਂ ਲਈ ਲਗਭਗ 2.5 ਕਰੋੜ ਰੁਪਏ ਦੀ ਗ੍ਰਾਂਟ-ਇਨ-ਏਡ ਵੰਡੀ।
ਪਿੰਡ ਕਟਾਰੂਚੱਕ ਵਿਖੇ ਆਯੋਜਿਤ ਸਮਾਗਮ ਦੌਰਾਨ ਸਰਪੰਚਾਂ ਅਤੇ ਪੰਚਾਂ ਨੂੰ ਸੰਬੋਧਨ ਕਰਦੇ ਹੋਏ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡ ਰਹੀ ਹੈ ਅਤੇ ਪਿੰਡਾਂ ਦੇ ਵਿਕਾਸ ਲਈ ਵੱਧ ਤੋਂ ਵੱਧ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਅੱਜ ਮਾਨ ਸਰਕਾਰ ਨੇ ਪਿੰਡਾਂ ਵਿੱਚ ਬੁਨਿਆਦੀ ਢਾਂਚੇ ਦੇ ਵਿਕਾਸ ਲਈ ਲਗਭਗ 2.5 ਕਰੋੜ ਰੁਪਏ ਦੇ ਫੰਡ ਵੰਡੇ ਹਨ।
ਪੱਤਰਕਾਰਾਂ ਦੇ ਸਵਾਲਾਂ ਦੇ ਜਵਾਬ ਦਿੰਦੇ ਹੋਏ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ 2022 ਵਿੱਚ ਸੱਤਾ ਵਿੱਚ ਆਉਣ ਤੋਂ ਬਾਅਦ, ਮਾਨ ਸਰਕਾਰ ਨੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਤਰਜੀਹ ਦਿੱਤੀ ਹੈ ਅਤੇ ਪਿੰਡਾਂ ਨੂੰ ਲਗਾਤਾਰ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵੰਡੀ ਗਈ 2.47 ਕਰੋੜ ਰੁਪਏ ਦੀ ਰਕਮ ਪਿੰਡਾਂ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਜਿਵੇਂ ਕਿ ਕਮਿਊਨਿਟੀ ਇਮਾਰਤਾਂ ਦੀ ਉਸਾਰੀ, ਡਰੇਨੇਜ ਸਿਸਟਮ, ਸੀਵਰੇਜ, ਸੋਲਰ ਲਾਈਟਾਂ ਦੀ ਸਥਾਪਨਾ, ਡੂੰਘੇ ਬੋਰਵੈੱਲ, ਤਰਲ ਅਤੇ ਠੋਸ ਰਹਿੰਦ-ਖੂੰਹਦ ਪ੍ਰਬੰਧਨ, ਸਮਾਰਟ ਪਿੰਡ ਪਹਿਲਕਦਮੀ, ਖੇਡ ਦੇ ਮੈਦਾਨਾਂ ਦੀ ਉਸਾਰੀ ਅਤੇ ਤਲਾਬਾਂ ਅਤੇ ਜਲ ਸਰੋਤਾਂ ਦੇ ਵਿਕਾਸ ਲਈ ਵਰਤੀ ਜਾਵੇਗੀ।
ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਇਹ ਗ੍ਰਾਂਟ ਨਵੀਂਆਂ ਬਣੀਆਂ ਪੰਚਾਇਤਾਂ ਨੂੰ ਉਨ੍ਹਾਂ ਦੀਆਂ ਮੰਗਾਂ ਦੇ ਆਧਾਰ ‘ਤੇ, ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਅਤੇ ਪਿੰਡ ਦੇ ਵਿਕਾਸ ਲਈ ਬਿਨਾਂ ਕਿਸੇ ਭੇਦਭਾਵ ਦੇ ਅਲਾਟ ਕੀਤੀ ਗਈ ਹੈ। ਉਨ੍ਹਾਂ ਪੰਚਾਇਤ ਮੈਂਬਰਾਂ ਨੂੰ ਇਨ੍ਹਾਂ ਫੰਡਾਂ ਦੀ ਸਹੀ ਵਰਤੋਂ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਅਤੇ ਭਰੋਸਾ ਦਿੱਤਾ ਕਿ ਪਿੰਡ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ।
ਇਸ ਮੌਕੇ ਨਰੇਸ਼ ਸੈਣੀ ਜ਼ਿਲ੍ਹਾ ਪ੍ਰਧਾਨ ਬੀ.ਸੀ. ਵਿੰਗ, ਪਵਨ ਕੁਮਾਰ ਫੌਜੀ ਬਲਾਕ ਪ੍ਰਧਾਨ, ਸੂਬੇਦਾਰ ਕੁਲਵੰਤ ਸਿੰਘ ਬਲਾਕ ਪ੍ਰਧਾਨ, ਖੁਸ਼ਬੀਰ ਕਟਾਲ਼, ਰਾਜਾ ਬਕਨੌਰ, ਪਿੰਡ ਕਟਾਰੂਚੱਕ ਦੀ ਸਰਪੰਚ ਉਰਮਿਲਾ ਦੇਵੀ, ਸੌਰਭ ਬਹਿਲ, ਭੁਪਿੰਦਰ ਸਿੰਘ ਠਾਕੁਰ ਅਤੇ ਹੋਰ ਪਾਰਟੀ ਵਰਕਰ ਮੌਜੂਦ ਸਨ।
HOMEPAGE:-http://PUNJABDIAL.IN
Leave a Reply