*’ਆਪ’ ਨੇ ਮੋਗਾ ਦੇ ਮੇਅਰ ਬਲਜੀਤ ਸਿੰਘ ਚੰਨੀ ਨੂੰ ਨਸ਼ਾ ਤਸਕਰਾਂ ਨਾਲ ਸਬੰਧਾਂ ਦੇ ਦੋਸ਼ ਵਿੱਚ ਪਾਰਟੀ ਤੋਂ ਕੀਤਾ ਮੁਅੱਤਲ*
ਚੰਡੀਗੜ੍ਹ, 27 ਨਵੰਬਰ
ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੋਗਾ ਦੇ ਮੇਅਰ ਬਲਜੀਤ ਸਿੰਘ ਚੰਨੀ ਵਿਰੁੱਧ ਸਖ਼ਤ ਕਾਰਵਾਈ ਕਰਦਿਆਂ ਉਨ੍ਹਾਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ ਅਤੇ ਉਨ੍ਹਾਂ ਨੂੰ ਅਹੁਦੇ ਤੋਂ ਤੁਰੰਤ ਹਟਾ ਦਿੱਤਾ ਹੈ। ਪਾਰਟੀ ਨੂੰ ਨਸ਼ਾ ਤਸਕਰਾਂ ਨਾਲ ਉਨ੍ਹਾਂ ਦੇ ਸਬੰਧਾਂ ਦੇ ਠੋਸ ਸਬੂਤ ਮਿਲੇ ਹਨ।
ਆਪ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਅਧਿਕਾਰਤ ਮੁਅੱਤਲੀ ਹੁਕਮ ਜਾਰੀ ਕਰਦਿਆਂ ਕਿਹਾ ਹੈ ਕਿ ਪਾਰਟੀ ਦੀ ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਪੰਜਾਬ ਅਤੇ ਇਸ ਦੇ ਨੌਜਵਾਨਾਂ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਕਿਸੇ ਵੀ ਗਤੀਵਿਧੀਆਂ ਪ੍ਰਤੀ ਜ਼ੀਰੋ-ਟੌਲਰੈਂਸ ਦੀ ਨੀਤੀ ਹੈ। ਉਨ੍ਹਾਂ ਕਿਹਾ ਕਿ ਪਾਰਟੀ ਗਲਤ ਜਾਂ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਜਨਤਕ ਅਹੁਦੇ ‘ਤੇ ਰਹਿਣ ਦੀ ਇਜਾਜ਼ਤ ਨਹੀਂ ਦੇ ਸਕਦੀ।
ਬਰਸਟ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਜੇਕਰ ਕੋਈ ਵੀ ਵਿਅਕਤੀ, ਭਾਵੇਂ ਉਹ ਕਿਸੇ ਵੀ ਅਹੁਦੇ ‘ਤੇ ਹੋਵੇ, ਡਰੱਗ ਨੈੱਟਵਰਕ ਨਾਲ ਜੁੜਿਆ ਪਾਇਆ ਜਾਂਦਾ ਹੈ ਜਾਂ ਨਸ਼ਿਆਂ ਵਿਰੁੱਧ ਲੜਾਈ ਨਾਲ ਸਮਝੌਤਾ ਕਰਦਾ ਪਾਇਆ ਜਾਂਦਾ ਹੈ ਤਾਂ ਉਸਨੂੰ ਬਖਸ਼ਿਆ ਨਹੀਂ ਜਾਵੇਗਾ। ਪਾਰਟੀ ਨੇ ਜ਼ੋਰ ਦੇ ਕੇ ਕਿਹਾ ਕਿ ਨਸ਼ਿਆਂ ਵਿਰੁੱਧ ਉਸਦੀ ਲਹਿਰ ਸਮਝੌਤਾ-ਰਹਿਤ ਹੈ ਅਤੇ ਇਸਦਾ ਉਦੇਸ਼ ਤਸਕਰਾਂ ਅਤੇ ਉਨ੍ਹਾਂ ਦੇ ਰਾਜਨੀਤਿਕ ਰੱਖਿਅਕਾਂ ਦੇ ਗੱਠਜੋੜ ਨੂੰ ਖਤਮ ਕਰਨਾ ਹੈ।
HOMEPAGE:-http://PUNJABDIAL.IN

Leave a Reply