ਤਰਨਤਾਰਨ ਜ਼ਿਮਨੀ ਚੋਣ ਤੋਂ ਪਹਿਲਾਂ ‘ਆਪ’ ਨੂੰ ਮਿਲਿਆ ਵੱਡਾ ਸਿਆਸੀ ਹੁਲਾਰਾ, ਝਬਾਲ ਪੁਖਤਾ ਅਤੇ ਝਬਾਲ ਅੱਡੇ ਦੇ ਸੈਂਕੜੇ ਪਰਿਵਾਰ ਪਾਰਟੀ ‘ਚ ਹੋਏ ਸ਼ਾਮਲ
ਹਰਮੀਤ ਸੰਧੂ ਦੀ ਜਿੱਤ ਪੱਕੀ, ਮਾਨ ਸਰਕਾਰ ਦੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲੋਕ ‘ਆਪ’ ਨਾਲ ਜੁੜ ਰਹੇ: ਬਰਿੰਦਰ ਗੋਇਲ
ਤਰਨਤਾਰਨ, 1 ਨਵੰਬਰ
ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਸਿਆਸੀ ਹੁਲਾਰਾ ਮਿਲਿਆ, ਜਦੋਂ ਝਬਾਲ ਪੁਖਤਾ ਅਤੇ ਝਬਾਲ ਅੱਡਾ ਦੇ ਸੈਂਕੜੇ ਪਰਿਵਾਰਾਂ ਨੇ ‘ਆਪ’ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਇਨ੍ਹਾਂ ਸਾਰੇ ਪਰਿਵਾਰਾਂ ਨੂੰ ਪਾਰਟੀ ਵਿੱਚ ਰਸਮੀ ਤੌਰ ‘ਤੇ ਸ਼ਾਮਲ ਕਰਵਾਇਆ। ਇਹ ਸ਼ਮੂਲੀਅਤ ਸਮਾਗਮ ਸਰਪੰਚ ਮੋਨੂੰ ਚੀਮਾ, ਹਲਕਾ ਪਾਇਲ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਅਤੇ ਚੇਅਰਮੈਨ ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਹੋਇਆ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਅੱਜ ਵੱਡੀ ਗਿਣਤੀ ਵਿੱਚ ਬੀਬੀਆਂ, ਮਾਤਾਵਾਂ ਅਤੇ ਭੈਣਾਂ ‘ਆਪ’ ਪਰਿਵਾਰ ਦਾ ਹਿੱਸਾ ਬਣੀਆਂ ਹਨ, ਜਿਸ ਨਾਲ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਵੱਡੀ ਮਜ਼ਬੂਤੀ ਮਿਲੀ ਹੈ। ਉਨ੍ਹਾਂ ਇਸ ਵੱਡੀ ਸ਼ਮੂਲੀਅਤ ਲਈ ਸਥਾਨਕ ਆਗੂਆਂ ਮੋਨੂੰ ਚੀਮਾ, ਵਿਧਾਇਕ ਗਿਆਸਪੁਰਾ ਅਤੇ ਚੇਅਰਮੈਨ ਹਡਾਣਾ ਦੀ ਸਖ਼ਤ ਮਿਹਨਤ ਦੀ ਸ਼ਲਾਘਾ ਕੀਤੀ। ਗੋਇਲ ਨੇ ਦਾਅਵਾ ਕੀਤਾ ਕਿ ਇਨ੍ਹਾਂ ਪਰਿਵਾਰਾਂ ਦੇ ਸਮਰਥਨ ਨਾਲ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਦੀ ਜਿੱਤ ਪੂਰੀ ਤਰ੍ਹਾਂ ਯਕੀਨੀ ਹੋ ਗਈ ਹੈ।
ਮੰਤਰੀ ਗੋਇਲ ਨੇ ਨਵੇਂ ਸ਼ਾਮਲ ਹੋਏ ਪਰਿਵਾਰਾਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿੱਚ ਉਨ੍ਹਾਂ ਦਾ ਹਮੇਸ਼ਾ ਪੂਰਾ ਮਾਣ-ਸਤਿਕਾਰ ਹੋਵੇਗਾ। ਉਨ੍ਹਾਂ ਕਿਹਾ ਕਿ ਅੱਜ ਪੂਰਾ ਤਰਨਤਾਰਨ ਹਲਕਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੱਕ ਵਿੱਚ ਪੱਬਾਂ ਭਾਰ ਹੋਇਆ ਹੈ। ਇਸਦਾ ਕਾਰਨ ਅਰਵਿੰਦ ਕੇਜਰੀਵਾਲ ਦੀ ਸੋਚ ਅਤੇ ਮਾਨ ਸਰਕਾਰ ਵੱਲੋਂ ਪਿਛਲੇ ਪੌਣੇ ਚਾਰ ਸਾਲਾਂ ਵਿੱਚ ਕੀਤੇ ਗਏ ਇਤਿਹਾਸਕ ਕੰਮ ਹਨ। ਉਨ੍ਹਾਂ ਕਿਹਾ ਕਿ ਜੋ ਕੰਮ ‘ਆਪ’ ਸਰਕਾਰ ਨੇ ਥੋੜ੍ਹੇ ਸਮੇਂ ‘ਚ ਕੀਤੇ ਹਨ, ਉਹ ਪਿਛਲੀਆਂ ਸਰਕਾਰਾਂ 70 ਸਾਲਾਂ ਦੇ ਰਾਜ ਵਿੱਚ ਵੀ ਨਹੀਂ ਕਰ ਸਕੀਆਂ।
ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦਿਆਂ ਗੋਇਲ ਨੇ ਕਿਹਾ ਕਿ ਅੱਜ ਦੂਜੀਆਂ ਪਾਰਟੀਆਂ ਕੋਲ ਲੋਕਾਂ ਨੂੰ ਦੱਸਣ ਲਈ ਕੱਖ ਨਹੀਂ ਹੈ। ਉਹ ਸਿਰਫ਼ ਵੱਖ-ਵੱਖ ਤਰ੍ਹਾਂ ਦੇ ਸਹਾਰੇ ਲੱਭ ਰਹੇ ਹਨ, ਕੋਈ ਫੌਜੀਆਂ ਦੇ ਨਾਂ ‘ਤੇ ਵੋਟਾਂ ਮੰਗ ਰਿਹਾ ਹੈ ਤੇ ਕੋਈ ਧਰਮ ਦੇ ਨਾਂ ‘ਤੇ। ਉਨ੍ਹਾਂ ਕਿਹਾ ਕਿ ਲੋਕ ਸਭ ਜਾਣਦੇ ਹਨ ਕਿ ਬੇਅਦਬੀਆਂ ਕਿਨ੍ਹਾਂ ਸਰਕਾਰਾਂ ਵੇਲੇ ਹੋਈਆਂ ਸਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਅਸਲੀ ਵਾਰਸ ਉਹ ਲੋਕ ਨਹੀਂ, ਬਲਕਿ ਸਾਡੀਆਂ ਮਾਤਾਵਾਂ-ਭੈਣਾਂ ਹਨ, ਜਿਨ੍ਹਾਂ ਨੇ ਆਪਣੀ ਵੋਟ ਦੀ ਤਾਕਤ ਨਾਲ ਫੈਸਲਾ ਕਰਨਾ ਹੈ।
ਉਨ੍ਹਾਂ ਕਿਹਾ ਕਿ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਪਹਿਲਾਂ ਵੀ ਤਿੰਨ ਵਾਰ ਇਸ ਹਲਕੇ ਦੀ ਸੇਵਾ ਕਰ ਚੁੱਕੇ ਹਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ‘ਰੰਗਲਾ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਹਰਮੀਤ ਸਿੰਘ ਸੰਧੂ ਨੂੰ ਵੱਡੇ ਫਰਕ ਨਾਲ ਜਿਤਾਉਣ ਤਾਂ ਜੋ ਉਹ ਹਲਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਨਾਲ ਅੱਗੇ ਵਧਾ ਸਕਣ।
HOMEPAGE:-http://PUNJABDIAL.IN

Leave a Reply