ਸਾਂਸਦ ਰਾਘਵ ਚੱਢਾ ਨੇ ਰਾਜ ਸਭਾ ਵਿੱਚ ਬੰਗਲਾਦੇਸ਼ ‘ਚ ਹਿੰਦੂਆਂ ‘ਤੇ ਹੋ ਰਹੇ ਅੱਤਿਆਚਾਰ ਦਾ ਮੁੱਦਾ ਉਠਾਇਆ, ਕਿਹਾ- ਹਮਲਿਆਂ ਦੇ ਖਿਲਾਫ ਸਾਰੀਆਂ ਪਾਰਟੀਆਂ ਕਰਨ ਨਿੰਦਾ
ਆਮ ਆਦਮੀ ਪਾਰਟੀ ਦੇ ਸਾਂਸਦ ਰਾਘਵ ਚੱਢਾ ਨੇ ਰਾਜਸਭਾ ਵਿੱਚ ਹਿੰਦੂ ਘੱਟ ਗਿਣਤੀਆਂ ‘ਤੇ ਹੋ ਰਹੇ ਹਮਲਿਆਂ ਅਤੇ ਇਸਕਾਨ ਸੰਤ ਚਿਨਮਯ ਦਾਸ ਦੀ ਗੈਰ-ਕਾਨੂੰਨੀ ਗ੍ਰਿਫਤਾਰੀ ਦਾ ਮੁੱਦਾ ਰਾਜ ਸਭਾ ‘ਚ ਉਠਾਇਆ
ਬੰਗਲਾਦੇਸ਼ ਨਾਲ ਇਸ ਮਾਮਲੇ ‘ਤੇ ਚੁੱਕੇ ਗਏ ਕਦਮਾਂ ਬਾਰੇ ਭਾਰਤ ਸਰਕਾਰ ਤੋਂ ਮੰਗੀ ਜਾਣਕਾਰੀ
ਸਾਰੀਆਂ ਧਿਰਾਂ ਨੂੰ ਇਨ੍ਹਾਂ ਘਟਨਾਵਾਂ ਦੀ ਨਿਖੇਧੀ ਕਰਨ ਅਤੇ ਸਖ਼ਤ ਸੰਦੇਸ਼ ਦੇਣ ਦੀ ਕੀਤੀ ਅਪੀਲ
ਨਵੀਂ ਦਿੱਲੀ, 29 ਨਵੰਬਰ 2024
ਸੰਸਦ ਦੇ ਸ਼ਰਦ ਰੁੱਤ ਇਜਲਾਸ ਦੌਰਾਨ ਸ਼ੁੱਕਰਵਾਰ ਨੂੰ ਰਾਜ ਸਭਾ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਰਾਘਵ ਚੱਢਾ ਨੇ ਬੰਗਲਾਦੇਸ਼ ਵਿੱਚ ਹਿੰਦੂ ਘੱਟ ਗਿਣਤੀਆਂ ਵਿਰੁੱਧ ਹੋ ਰਹੇ ਅੱਤਿਆਚਾਰਾਂ ‘ਤੇ ਚਿੰਤਾ ਜ਼ਾਹਰ ਕਰਦਿਆਂ ਸਦਨ ਦੀ ਕਾਰਵਾਈ ਮੁਲਤਵੀ ਕਰਨ ਦਾ ਨੋਟਿਸ ਦਿੱਤਾ ਅਤੇ ਇਸਕਾਨ ਦੇ ਸੰਤ ਚਿਨਮਯ ਦਾਸ ਦੀ ਗ੍ਰਿਫਤਾਰੀ ਦਾ ਮੁੱਦਾ ਉਠਾਇਆ। ਉਨ੍ਹਾਂ ਸਰਕਾਰ ਤੋਂ ਇਸ ਗੰਭੀਰ ਮੁੱਦੇ ’ਤੇ ਚਰਚਾ ਕਰਨ ਦੀ ਮੰਗ ਕਰਦਿਆਂ ਬੰਗਲਾਦੇਸ਼ ਸਰਕਾਰ ਨੂੰ ਇਸ ਮਾਮਲੇ ’ਤੇ ਸਖ਼ਤ ਕਾਰਵਾਈ ਕਰਨ ਦੀ ਅਪੀਲ ਕੀਤੀ।
ਸਦਨ ਵਿੱਚ ਇਹ ਅਹਿਮ ਨੁਕਤੇ ਉਠਾਏ
1. ਹਿੰਦੂ ਘੱਟ ਗਿਣਤੀਆਂ ‘ਤੇ ਹਮਲੇ ਅਤੇ ਅੱਤਿਆਚਾਰ
ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ ਕਿ ਬੰਗਲਾਦੇਸ਼ ‘ਚ ਹਿੰਦੂ ਘੱਟ ਗਿਣਤੀ ‘ਤੇ ਹਮਲੇ ਅਤੇ ਅੱਤਿਆਚਾਰ ਦੀਆਂ ਘਟਨਾਵਾਂ ਲਗਾਤਾਰ ਹੋ ਰਹੀਆਂ ਹਨ। ਇਹ ਘਟਨਾਵਾਂ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੀ ਨਹੀਂ ਸਗੋਂ ਧਾਰਮਿਕ ਆਜ਼ਾਦੀ ‘ਤੇ ਵੀ ਸਿੱਧਾ ਹਮਲਾ ਹੈ। ਉਨ੍ਹਾਂ ਸਰਕਾਰ ਤੋਂ ਸਵਾਲ ਕੀਤਾ ਕਿ ਇਨ੍ਹਾਂ ਘਟਨਾਵਾਂ ‘ਤੇ ਕੀ ਕਦਮ ਚੁੱਕੇ ਜਾ ਰਹੇ ਹਨ।
2. ਚਿਨਮਯ ਦਾਸ ਜੀ ਦੀ ਨਜਾਇਜ਼ ਗ੍ਰਿਫਤਾਰੀ
ਸੰਸਦ ਮੈਂਬਰ ਚੱਢਾ ਨੇ ਇਸਕਾਨ ਦੇ ਸੰਤ ਚਿਨਮਯ ਦਾਸ ਜੀ ਦੀ ਗੈਰ-ਕਾਨੂੰਨੀ ਗ੍ਰਿਫਤਾਰੀ ਨੂੰ ਨਿੰਦਣਯੋਗ ਕਰਾਰ ਦਿੰਦਿਆਂ ਇਸ ਨੂੰ ਧਾਰਮਿਕ ਆਜ਼ਾਦੀ ਦੇ ਵਿਰੁੱਧ ਕਰਾਰ ਦਿੱਤਾ। ਉਨ੍ਹਾਂ ਸਮੁੱਚੇ ਸਦਨ ਨੂੰ ਅਪੀਲ ਕੀਤੀ ਕਿ ਸਾਰੇ ਸੰਸਦ ਮੈਂਬਰ ਸਰਬਸੰਮਤੀ ਨਾਲ ਇਸ ਗ੍ਰਿਫ਼ਤਾਰੀ ਦੀ ਨਿਖੇਧੀ ਕਰਨ ਅਤੇ ਬੰਗਲਾਦੇਸ਼ ਸਰਕਾਰ ’ਤੇ ਦਬਾਅ ਪਾਉਣ ਕਿ ਉਨ੍ਹਾਂ ਨੂੰ ਤੁਰੰਤ ਰਿਹਾਅ ਕੀਤਾ ਜਾਵੇ।
3. ਬੰਗਲਾਦੇਸ਼ ਸਰਕਾਰ ਨਾਲ ਗੱਲਬਾਤ ਦਾ ਮੁੱਦਾ
ਰਾਘਵ ਚੱਢਾ ਨੇ ਇਹ ਜਾਣਨ ਦੀ ਮੰਗ ਕੀਤੀ ਕਿ ਤਖਤਾ ਪਲਟ ਤੋਂ ਬਾਅਦ ਬੰਗਲਾਦੇਸ਼ ਵਿੱਚ ਹਿੰਦੂਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨੇ ਕੀ ਕਦਮ ਚੁੱਕੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸਦਨ ਨੂੰ ਦੱਸਿਆ ਜਾਵੇ ਕਿ ਇਸ ਮਾਮਲੇ ‘ਤੇ ਬੰਗਲਾਦੇਸ਼ ਸਰਕਾਰ ਨਾਲ ਕੀ ਵਿਚਾਰ-ਵਟਾਂਦਰਾ ਹੋ ਰਿਹਾ ਹੈ।
ਹਮਲਿਆਂ ਅਤੇ ਅੱਤਿਆਚਾਰ ਦੀਆਂ ਘਟਨਾਵਾਂ ਬੇਹੱਦ ਚਿੰਤਾਜਨਕ
ਸੰਸਦ ਮੈਂਬਰ ਰਾਘਵ ਚੱਢਾ ਨੇ ਕਿਹਾ, “ਬੰਗਲਾਦੇਸ਼ ਵਿੱਚ ਹਿੰਦੂ ਭਾਈਚਾਰੇ ‘ਤੇ ਹਮਲਿਆਂ ਅਤੇ ਅੱਤਿਆਚਾਰਾਂ ਦੀਆਂ ਘਟਨਾਵਾਂ ਬੇਹੱਦ ਚਿੰਤਾਜਨਕ ਹਨ। ਇਹ ਸਿਰਫ਼ ਇੱਕ ਭਾਈਚਾਰੇ ਦਾ ਮੁੱਦਾ ਨਹੀਂ ਹੈ, ਸਗੋਂ ਮਨੁੱਖੀ ਅਧਿਕਾਰਾਂ ਅਤੇ ਧਾਰਮਿਕ ਆਜ਼ਾਦੀ ਦਾ ਸਵਾਲ ਹੈ। ਸਦਨ ਨੂੰ ਇੱਕਜੁੱਟ ਹੋ ਕੇ ਇਨ੍ਹਾਂ ਘਟਨਾਵਾਂ ਦੀ ਨਿੰਦਾ ਕਰਨੀ ਚਾਹੀਦੀ ਹੈ ਅਤੇ ਚਿਨਮਯ ਦਾਸ ਜੀ ਦੀ ਗ੍ਰਿਫਤਾਰੀ ਵਿਰੁੱਧ ਮਤਾ ਪਾਸ ਕੀਤਾ ਜਾਵੇ।
ਸਰਕਾਰ ਤੋਂ ਜਵਾਬਦੇਹੀ ਦੀ ਮੰਗ
ਰਾਘਵ ਚੱਢਾ ਨੇ ਸਵਾਲ ਉਠਾਇਆ ਕਿ ਭਾਰਤ ਸਰਕਾਰ ਨੇ ਬੰਗਲਾਦੇਸ਼ ਵਿੱਚ ਹਿੰਦੂ ਭਾਈਚਾਰੇ ਦੀ ਸੁਰੱਖਿਆ ਲਈ ਹੁਣ ਤੱਕ ਕੀ ਠੋਸ ਕਦਮ ਚੁੱਕੇ ਹਨ। ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਇਸ ਵਿਸ਼ੇ ‘ਤੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਜਾਵੇ ਅਤੇ ਸਦਨ ਨੂੰ ਭਰੋਸਾ ਦਿਵਾਇਆ ਜਾਵੇ ਕਿ ਇਨ੍ਹਾਂ ਘਟਨਾਵਾਂ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਜਾਣਗੇ।
ਸੰਸਦ ਮੈਂਬਰਾਂ ਤੋਂ ਏਕਤਾ ਦੀ ਅਪੀਲ
ਰਾਘਵ ਚੱਢਾ ਨੇ ਸਾਰੀਆਂ ਪਾਰਟੀਆਂ ਦੇ ਸੰਸਦ ਮੈਂਬਰਾਂ ਨੂੰ ਰਾਜਨੀਤੀ ਤੋਂ ਉੱਪਰ ਉੱਠ ਕੇ ਇਸ ਮੁੱਦੇ ‘ਤੇ ਇਕਜੁੱਟ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਸਦਨ ਨੂੰ ਨਾ ਸਿਰਫ਼ ਇਸ ਮੁੱਦੇ ‘ਤੇ ਚਰਚਾ ਕਰਨੀ ਚਾਹੀਦੀ ਹੈ ਸਗੋਂ ਬੰਗਲਾਦੇਸ਼ ਸਰਕਾਰ ‘ਤੇ ਦਬਾਅ ਬਣਾਉਣ ਲਈ ਸਖ਼ਤ ਸੰਦੇਸ਼ ਵੀ ਦੇਣਾ ਚਾਹੀਦਾ ਹੈ।
ਰਾਜ ਸਭਾ ਵਿੱਚ ਲਗਾਤਾਰ ਆਵਾਜ਼ ਉਠਾਈ
ਦੱਸ ਦੇਈਏ ਕਿ ਨੌਜਵਾਨ ਸੰਸਦ ਮੈਂਬਰ ਰਾਘਵ ਚੱਢਾ ਹਮੇਸ਼ਾ ਦੇਸ਼ ਅਤੇ ਸਮਾਜ ਦੀਆਂ ਸਮੱਸਿਆਵਾਂ ਨੂੰ ਲੈ ਕੇ ਚਿੰਤਤ ਰਹਿੰਦੇ ਹਨ। ਉਹ ਲਗਾਤਾਰ ਇਨ੍ਹਾਂ ਸਮੱਸਿਆਵਾਂ ਨੂੰ ਸੰਸਦ ਵਿੱਚ ਬੜੇ ਹੀ ਜ਼ੋਰਦਾਰ ਢੰਗ ਨਾਲ ਉਠਾਉਂਦੇ ਰਹੇ ਹਨ। ਇਸੇ ਸ਼ਰਦ ਰੁੱਤ ਸੈਸ਼ਨ ਵਿੱਚ ਹੀ ਉਨ੍ਹਾਂ ਪੰਜਾਬ ਵਿੱਚ ਨਸ਼ਿਆਂ ਦੀ ਵੱਧ ਰਹੀ ਸਮੱਸਿਆ ਅਤੇ ਅੰਮ੍ਰਿਤਸਰ ਤੋਂ ਨਾਂਦੇੜ, ਪਟਨਾ, ਗੁਹਾਟੀ ਅਤੇ ਧਰਮਸ਼ਾਲਾ ਤੱਕ ਹਵਾਈ ਸੰਪਰਕ ’ਤੇ ਚਿੰਤਾ ਜ਼ਾਹਰ ਕਰਦਿਆਂ ਸਵਾਲ ਪੁੱਛੇ ਸਨ। ਜਿਸ ਦਾ ਗ੍ਰਹਿ ਰਾਜ ਮੰਤਰੀ ਨਿਤਿਆਨੰਦ ਰਾਏ ਅਤੇ ਕੇਂਦਰੀ ਸਿਵਲ ਏਵੀਏਸ਼ਨ ਰਾਜ ਮੰਤਰੀ ਮੁਰਲੀਧਰ ਮੋਹੋਲ ਨੇ ਲਿਖਤੀ ਜਵਾਬ ਦਿੱਤਾ ਸੀ।
HOMEPAGE:-http://PUNJABDIAL.IN
Leave a Reply