ਮੁੱਖ ਮੰਤਰੀ ਨੇ ਪਿੰਡ ਵਾਸੀਆਂ ਨੂੰ ਵਿਕਾਸ ਲਈ ਪੰਚਾਇਤੀ ਚੋਣਾਂ ਸਰਬਸੰਮਤੀ ਨਾਲ ਕਰਵਾਉਣ ਦੀ ਅਪੀਲ ਕੀਤੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਲੋਕਾਂ ਨੂੰ ਆਗਾਮੀ ਪੰਚਾਇਤੀ ਚੋਣਾਂ ਦੌਰਾਨ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਵਾਲਿਆਂ ਨੂੰ ਪੂਰੀ ਤਰ੍ਹਾਂ ਨਕਾਰਨ ਦਾ ਸੱਦਾ ਦਿੱਤਾ ਹੈ।
ਪਿੰਡ ਦੇ ਦੌਰੇ ਦੌਰਾਨ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਚਾਇਤੀ ਚੋਣਾਂ ਦੇਸ਼ ਵਿੱਚ ਲੋਕਤੰਤਰੀ ਪ੍ਰਣਾਲੀ ਦੀ ਨੀਂਹ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਚੋਣਾਂ ਦਾ ਮਕਸਦ ਲੋਕਾਂ ਨੂੰ ਜ਼ਮੀਨੀ ਪੱਧਰ ‘ਤੇ ਲੋਕਤੰਤਰ ਦਾ ਹਿੱਸਾ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਇਨ੍ਹਾਂ ਚੋਣਾਂ ਨੂੰ ਆਜ਼ਾਦ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਕਰਵਾਉਣ ਲਈ ਵਚਨਬੱਧ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਲੋਕ ਪੰਚਾਇਤਾਂ ਵਿੱਚ ਉਮੀਦਵਾਰਾਂ ਦੀ ਚੋਣ ਕਰਵਾਉਣ ਲਈ ਸਹਿਮਤੀ ਬਣਾਉਣ। ਉਨ੍ਹਾਂ ਕਿਹਾ ਕਿ ਲੋਕ ਇਨ੍ਹਾਂ ਚੋਣਾਂ ਵਿੱਚ ਪੈਸੇ ਅਤੇ ਤਾਕਤ ਦੀ ਵਰਤੋਂ ਕਰਨ ਤੋਂ ਗੁਰੇਜ਼ ਕਰਨ ਤਾਂ ਜੋ ਲੋਕਤੰਤਰੀ ਪ੍ਰਕਿਰਿਆ ਦਾ ਅਨਿੱਖੜਵਾਂ ਅੰਗ ਬਣ ਸਕਣ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਭਰ ਦੇ ਪਿੰਡਾਂ ਦਾ ਸਰਵਪੱਖੀ ਵਿਕਾਸ ਹੋਣ ਦੇ ਨਾਲ-ਨਾਲ ਉਨ੍ਹਾਂ ਵਿੱਚ ਭਾਈਚਾਰਕ ਏਕਤਾ ਅਤੇ ਭਾਈਚਾਰਕ ਸਾਂਝ ਵੀ ਮਜ਼ਬੂਤ ਹੋਵੇਗੀ।
ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਪੰਚਾਇਤੀ ਚੋਣਾਂ ਪਾਰਟੀ ਚੋਣ ਨਿਸ਼ਾਨ ਤੋਂ ਬਿਨਾਂ ਲੜੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਨਾਲ ਪਿੰਡਾਂ ਵਿੱਚ ਧੜੇਬੰਦੀ ਖ਼ਤਮ ਹੋਵੇਗੀ ਅਤੇ ਪੇਂਡੂ ਖੇਤਰਾਂ ਦਾ ਸਰਬਪੱਖੀ ਵਿਕਾਸ ਯਕੀਨੀ ਹੋਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਪਾਰਟੀ ਦੇ ਚੋਣ ਨਿਸ਼ਾਨ ’ਤੇ ਉਮੀਦਵਾਰਾਂ ਨੂੰ ਚੋਣ ਲੜਨ ਤੋਂ ਰੋਕਣ ਦਾ ਵੱਡਾ ਫੈਸਲਾ ਲਿਆ ਹੈ।
ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਜਿਹੜਾ ਵੀ ਪਿੰਡ ਸਰਬਸੰਮਤੀ ਨਾਲ ਪੰਚਾਇਤ ਦੀ ਚੋਣ ਕਰੇਗਾ, ਉਸ ਨੂੰ ਸਟੇਡੀਅਮ, ਸਕੂਲ ਜਾਂ ਹਸਪਤਾਲ ਸਮੇਤ 5 ਲੱਖ ਰੁਪਏ ਦੀ ਗਰਾਂਟ ਰਾਸ਼ੀ ਦਿੱਤੀ ਜਾਵੇਗੀ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਪੰਚਾਇਤ ਦੀ ਸਰਬਸੰਮਤੀ ਨਾਲ ਚੋਣ ਕਰਵਾ ਕੇ ਸੂਬੇ ਵਿੱਚ ਇੱਕ ਮਿਸਾਲ ਕਾਇਮ ਕਰਨ। ਉਨ੍ਹਾਂ ਕਿਹਾ ਕਿ ਉਹ ਆਪਣੇ ਜੱਦੀ ਪਿੰਡ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪਿੰਡ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਇਹ ਸੂਬੇ ਦਾ ਇੱਕ ਮਾਡਲ ਪਿੰਡ ਬਣ ਕੇ ਉਭਰੇਗਾ।
HOMEPAGE:-http://PUNJABDIAL.IN
Leave a Reply